ਫਾਜ਼ਿਲਕਾ ( ਰਮਿਤ ਚੁੱਘ , ਭੋਲਾ ਖੁਰਾਣਾ ) ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ ਦੇ ਦਿਸ਼ਾ-ਨਿਰਦੇਸ਼ਾਂ 'ਤੇ ਜ਼ਿਲ੍ਹਾ ਸਿੱਖਿਆ ਅਫਸਰ ਸ. ਕੁਲਵੰਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਸਰਕਾਰੀ ਕੰਨਿਆ ਹਾਈ ਸਕੂਲ ਜੰਡਵਾਲਾ ਭੀਮੇਸ਼ਾਹ ਵਿਖੇ ਵਿਦਿਆਰਥਣਾਂ ਨੂੰ ਸਵੈ-ਰੁਜ਼ਗਾਰ ਚਲਾਉਣ ਬਾਰੇ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਵਿਦਿਆਰਥਣਾਂ ਨੂੰ ਤਕਨੀਕੀ ਸਿੱਖਿਆ ਪ੍ਰਾਪਤ ਕਰਨ ਉਪਰੰਤ ਸਵੈ-ਰੁਜ਼ਗਾਰ ਕਰਕੇ ਆਮਦਨ ਦਾ ਸਾਧਨ ਬਣਾਉਣ ਬਾਰੇ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਅਧਿਆਪਕ ਸ. ਖੁਸ਼ਹਾਲ ਸਿੰਘ ਨੇ ਕਿਹਾ ਕਿ ਪੜ੍ਹਾਈ ਪੂਰੀ ਕਰਨ ਉਪਰੰਤ ਵਿਦਿਆਰਥੀ ਕੋਈ ਨਾ ਕੋਈ ਆਪਣਾ ਮਨਪਸੰਦ ਕਿੱਤਾ ਅਪਣਾ ਕੇ ਵਧੀਆ ਕਮਾਈ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਕੋਈ ਕੰਮ ਛੋਟਾ ਜਾਂ ਵੱਡਾ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਉਪਰੰਤ ਸਵੈ-ਰੁਜ਼ਗਾਰ ਨੂੰ ਤਰਜੀਹ ਦੇਣੀ ਚਾਹੀਦੀ ਹੈ। ਸ. ਖੁਸ਼ਹਾਲ ਸਿੰਘ ਨੇ ਦੱਸਿਆ ਕਿ ਆਪਣਾ ਰੁਜ਼ਗਾਰ ਚਲਾਉਣ ਲਈ ਸੂਬਾ ਸਰਕਾਰ ਵੱਲੋਂ ਸਸਤੇ ਦਰਾਂ 'ਤੇ ਲੋਨ ਵੀ ਮੁਹੱਈਆ ਕਰਵਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਆਪਣਾ ਕਾਰੋਬਾਰ ਕਰਨ ਵਾਲਿਆਂ ਨੂੰ ਸਰਕਾਰ ਵੱਲੋਂ ਸਬਸਿਡੀ ਵੀ ਮੁਹੱਈਆ ਕਰਵਾਇਆ ਜਾਂਦੀ ਹੈ। ਇਸ ਮੌਕੇ ਸਕੂਲ ਮੁੱਖੀ ਰਜਿੰਦਰ ਕੁਮਾਰ ਤੋਂ ਇਲਾਵਾ ਸਕੂਲ ਸਟਾਫ ਤੇ ਵਿਦਿਆਰਥਣਾਂ ਮੌਜੂਦ ਸਨ।