:
You are here: Home

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪਰਾਲੀ ਨੂੰ ਬਿਨਾਂ ਸਾੜੇ ਕੀਤੀ ਕਣਕ ਦੀ ਬਿਜਾਈ Featured

Written by  Published in ਫਿਰੋਜ਼ਪੁਰ/ਮੁਕਤਸਰ/ਫਾਜਿਲਕਾ Thursday, 10 January 2019 05:21

ਫਾਜ਼ਿਲਕਾ - ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ ਨੇ ਦੱਸਿਆ ਕਿ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕਿਸਾਨਾਂ ਨੇ ਪਰਾਲੀ ਨੂੰ ਅੱਗ ਲਾਉਣ ਦੀ ਬਜਾਏ ਆਧੁਨਿਕ ਸੰਦਾਂ ਦੀ ਵਰਤੋਂ ਨਾਲ ਕਣਕ ਦੀ ਬਿਜਾਈ ਕੀਤੀ ਹੈ ਅਤੇ ਉਨ੍ਹਾਂ ਦੀ ਫਸਲ ਬਹੁਤ ਵਧੀਆ ਪੁੰਗਰੀ ਹੈ। ਇਸੇ ਤਹਿਤ ਕਿਸਾਨਾਂ ਨੂੰ ਜਾਗਰੂਕ ਕਰਨ ਹਿੱਤ ਪਿੰਡ ਮੁੱਠਿਆਂਵਾਲੀ ਵਿੱਚ ਕੈਂਪ ਲਗਾਇਆ ਗਿਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਕਿਸਾਨਾਂ ਨੂੰ ਇਸ ਕੈਂਪ ਵਿੱਚ ਆਧੁਨਿਕ ਸੰਦਾਂ ਨਾਲ ਕਣਕ ਦੀ ਬਿਜਾਈ ਕਰਨ, ਰਹਿੰਦ-ਖੂਹਿੰਦ ਨੂੰ ਅੱਗ ਨਾ ਲਗਾਉਣ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਸਾਨਾਂ ਨੂੰ ਬੇਲੋੜੀਆਂ ਦਵਾਈਆਂ ਦੀ ਵਰਤੋਂ ਨਾ ਕਰਨ ਦੀ ਸਲਾਹ ਵੀ ਦਿੱਤੀ ਅਤੇ ਸਿਫਾਰਿਸ਼ ਸ਼ੁਦਾ ਦਵਾਈਆਂ ਦੀ ਹੀ ਵਰਤੋਂ ਕਰਨ ਲਈ ਪ੍ਰੇਰਿਆ। ਕੈਂਪ ਦੌਰਾਨ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਕਿਸਾਨਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਆਧੁਨਿਕ ਸੰਦਾਂ ਦੀ ਵਰਤੋਂ ਕਰਨ ਨਾਲ ਫਸਲਾਂ ਦੇ ਝਾੜ ਵਿੱਚ ਕਾਫੀ ਵਾਧਾ ਹੁੰਦਾ ਹੈ ਅਤੇ ਕਿਸਾਨ ਦਾ ਖਰਚਾ ਵੀ ਘੱਟ ਹੁੰਦਾ ਹੈ। ਉਨ੍ਹਾਂ ਕਿਸਾਨ ਭਰਾਵਾਂ ਨੂੰ ਪਰਾਲੀ ਨੂੰ ਅੱਗ ਲਗਾਏ ਬਿਨਾਂ ਬਿਜਾਈ ਕੀਤੀ ਗਈ ਕਣਕ ਬਾਰੇ ਦੱਸਦਿਆਂ ਕਿਹਾ ਕਿ ਇਸ ਤਰ੍ਹਾਂ ਬਿਜਾਈ ਕਰਨ ਨਾਲ ਕਣਕ ਦਾ ਝਾੜ ਵੱਧ ਹੁੰਦਾ ਹੈ। ਇਸ ਮੌਕੇ ਖੇਤੀਬਾੜੀ ਵਿਕਾਸ ਅਫਸਰ ਸ੍ਰੀ ਵਿੱਕੀ ਕੁਮਾਰ, ਏ.ਐਸ.ਆਈ. ਸ੍ਰੀ ਸੁਖਦੀਪ ਸਿੰਘ, ਡੀ.ਪੀ.ਡੀ. ਸ੍ਰੀ ਕ੍ਰਿਸ਼ਨ ਲਾਲ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਕਿਸਾਨ ਵੀਰ ਹਾਜ਼ਰ ਸਨ।

Read 300 times