ਫਾਜ਼ਿਲਕਾ - ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਸਿੱਖਿਆਰਥੀਆਂ ਨੂੰ ਉਚੇਰੀ ਤੇ ਤਕਨੀਕੀ ਸਿੱਖਿਆ ਦਿੱਤੀ ਜਾ ਰਹੀ ਹੈ। ਇਸ ਯੋਜਨਾ ਤਹਿਤ ਇਥੋ ਦੇ ਸਾਹਿਬਜਾਦਾ ਅਜੀਤ ਸਿੰਘ ਆਈ.ਟੀ.ਆਈ ਦੇ ਸਿੱਖਿਆਰਥੀਆਂ ਵੱਲੋਂ ਸ਼ਿਰਕਤ ਕਰਕੇ ਜਾਣਕਾਰੀ ਹਾਸਲ ਕੀਤੀ ਗਈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਸਿੱਖਿਆਰਥੀਆਂ ਨੂੰ ਸੰਬੋਧਨ ਕਰਦਿਆਂ ਵੋਕੇਸ਼ਨਲ ਲੈਕਚਰਾਰ ਸ੍ਰੀ ਗੁਰਛਿੰਦਰ ਪਾਲ ਸਿੰਘ ਨੇ ਕਿਹਾ ਕਿ ਤਕਨੀਕੀ ਤੇ ਉਚੇਰੀ ਸਿੱਖਿਆ ਅਜੋਕੇ ਸਮੇਂ ਵਿੱਚ ਮੁੱਖ ਲੋੜ ਹੈ। ਉਨ੍ਹਾਂ ਸਿੱਖਿਆਰਥੀਆਂ ਨੂੰ ਤਕਨੀਕੀ ਸਿੱਖਿਆ ਬਾਰੇ ਪੇ੍ਰਰਿਤ ਕਰਦਿਆਂ ਕਿਹਾ ਕਿ ਸਵੈ-ਰੁਜ਼ਗਾਰ ਪੈਦਾ ਕਰਨ ਵਿੱਚ ਇਸ ਦੀ ਬਹੁਤ ਮਹਤੱਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਖਤ ਮਿਹਨਤ ਨਾਲ ਜ਼ਿੰਦਗੀ ਦੀ ਹਰ ਮੰਜ਼ਿਲ ਹਾਸ਼ਲ ਕੀਤੀ ਜਾ ਸਕਦੀ ਹੈ। ਉਨ੍ਹਾਂ ਸਿੱਖਿਆਰਥੀਆਂ ਨੂੰ ਪ੍ਰਾਈਵੇਟ ਅਤੇ ਸਰਕਾਰੀ ਖੇਤਰ ਦੀਆਂ ਨੌਕਰੀਆਂ ਅਤੇ ਸਵੈ-ਰੁਜ਼ਗਾਰ ਦੇ ਮੌਕਿਆ ਬਾਰੇ ਵੀ ਵਿਸ਼ਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਦੌਰਾਨ ਸਕਿਲ ਡਿਵੈਲਪਮੈਂਟ ਮਿਸ਼ਨ ਦੇ ਅਧਿਕਾਰੀ ਸ੍ਰੀ ਰਵਿੰਦਰ ਸਿੰਘ ਨੇ ਸ਼ਹਿਰੀ ਅਤੇ ਦਿਹਾਤੀ ਖੇਤਰ ਵਿੱਚ ਸਕਿਲ ਡਿਵੈਲਪਮੈਂਟ ਰਾਹੀਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ । ਉਨ੍ਹਾਂ ਕਿਹਾ ਕਿ ਇਸ ਮਿਸ਼ਨ ਤਹਿਤ ਬੇਰੋਜ਼ਗਾਰ ਲੜਕੇ-ਲੜਕੀਆਂ ਨੂੰ ਸਵੈ-ਰੋਜ਼ਗਾਰ ਚਲਾਉਣ ਬਾਰੇ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ ਤਾਂ ਜੋ ਉਹ ਆਪਣਾ ਖੁਦ ਦਾ ਰੋਜ਼ਗਾਰ ਚਲਾ ਸਕਣ। ਇਸ ਮੌਕੇ ਸ੍ਰੀ ਸੁਭਾਸ਼ ਡੋਡਾ ਨੇ ਬੈਕਾਂ ਦੀਆਂ ਵੱਖ-ਵੱਖ ਸਕੀਮਾਂ ਬਾਰੇ ਸਿੱਖਿਆਰਥੀਆਂ ਨੂੰ ਜਾਣੂ ਕਰਵਾਇਆ ਅਤੇ ਸਿੱਖਿਆ ਲਈ ਦਿੱਤੇ ਜਾਣ ਵਾਲੇ ਵੱਖ-ਵੱਖ ਤਰ੍ਹਾਂ ਦੇ ਲੋਨਾਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਜੋ ਸਿੱਖਿਆਰਥੀ ਸਵੈ-ਰੁਜ਼ਗਾਰ ਚਲਾਉਣਾ ਚਾਹੁੰਦੇ ਹਨ ਉਨ੍ਹਾਂ ਨੂੰ ਵੀ ਸੂਬਾ ਸਰਕਾਰ ਵੱਲੋਂ ਸਸਤੀ ਵਿਆਜ ਦਰਾਂ 'ਤੇ ਲੋਨ ਮੁਹੱਈਆ ਕਰਵਾਏ ਜਾਂਦੇ ਹਨ। ਇਸ ਤੋਂ ਇਲਾਵਾ ਸਿੱਖਿਆਰਥੀ ਉਚੇਰੀ ਪੜ੍ਹਾਈ ਲਈ ਵੀ ਲੋਨ ਲੈ ਸਕਦੇ ਹਨ। ਉਨ੍ਹਾਂ ਸਿੱਖਿਆਰਥੀਆਂ ਨੂੰ ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ ਅਤੇ ਪ੍ਰਧਾਨ ਮੰਤਰੀ ਜੀਵਤ ਜਯੋਤੀ ਬੀਮਾ ਬਾਰੇ ਵੀ ਜਾਣੂ ਕਰਵਾਇਆ। ਇਸ ਮੌਕੇ ਸਾਹਿਬਜਾਦਾ ਅਜੀਤ ਸਿੰਘ ਆਈ.ਟੀ.ਆਈ ਫਾਜ਼ਿਲਕਾ ਦੇ ਅਧਿਆਪਕਾ ਸ੍ਰੀਮਤੀ ਮਨਜੋਤ ਕੌਰ ਤੋਂ ਇਲਾਵਾਂ ਆਈ.ਟੀ.ਆਈ. ਦੇ ਸਿੱਖਿਆਰਥੀ ਵੱਲੋਂ ਵਿਸ਼ੇਸ਼ ਤੌਰ ਤੇ ਸਮੂਲੀਅਤ ਕੀਤੀ ਗਈ।